ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਸਬੰਧੀ ਵੱਖ-ਵੱਖ ਸਮਾਗਮਾਂ ’ਚ ਦੇਰ ਰਾਤ ਤੱਕ ਕੀਤੀ ਸ਼ਿਰਕਤ
ਜਲੰਧਰ, (ਸਿਟੀ ਤੇਜ਼ ਖ਼ਬਰ ਬਿਊਰੋ) ਡਵੀਜ਼ਨਲ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲੈ ਕੇ ਧਰਮ ਅਤੇ ਜਾਤ-ਪਾਤ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਭਲਾਈ ਲਈ ਅੱਗੇ ਆਉਣ ਦਾ ਸੱਦਾ ਦਿੱਤਾ।ਪ੍ਰਦੀਪ ਕੁਮਾਰ ਸੱਭਰਵਾਲ ਕਮਿਸ਼ਨਰ ਜਲੰਧਰ ਡਵੀਜ਼ਨ ਚੰਦਨ ਗਰੇਵਾਲ ਚੇਅਰਮੈਨ ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਸਮੇਤ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਸ਼ਹਿਰ ਵਿੱਚ ਵੱਖ-ਵੱਖ ਸਮਾਗਮਾਂ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਸਨ।
ਡਵੀਜ਼ਨਲ ਕਮਿਸ਼ਨਰ ਨੇ ਲੋਕਾਂ ਨੂੰ ਪ੍ਰਗਟ ਉਤਸਵ ਦੀ ਵਧਾਈ ਦਿੰਦਿਆਂ ਕਿਹਾ ਕਿ ਇਸ ਪਵਿੱਤਰ ਦਿਹਾੜੇ ’ਤੇ ਸਾਨੂੰ ਸਮਾਜ ਵਿੱਚ ਆਪਸੀ ਭਾਈਚਾਰੇ, ਪ੍ਰੇਮ ਅਤੇ ਸਦਭਾਵਨਾ ਨਾਲ ਰਹਿਣ ਸਮੇਤ ਮਨੁੱਖਤਾ ਦੀ ਭਲਾਈ ਦੇ ਕਾਰਜਾਂ ਲਈ ਅੱਗੇ ਆਉਣ ਦਾ ਸੰਕਲਪ ਲੈਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਉਪਦੇਸ਼ਾਂ ਨੂੰ ਜੀਵਨ ਵਿੱਚ ਅਪਨਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਸਮੁੱਚੀ ਮਨੁੱਖਤਾ ਲਈ ਮਹਾਨ ਗ੍ਰੰਥ ‘ਰਾਮਾਇਣ’ ਦੀ ਰਚਨਾ ਕੀਤੀ, ਜੋ ਸਾਨੂੰ ਜੀਵਨ ਜਾਚ ਸਿਖਾਉਂਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਜਾਤ-ਪਾਤ ਰਹਿਤ ਆਦਰਸ਼ ਸਮਾਜ ਦੇ ਸੰਕਲਪ ਨੂੰ ਸਾਕਾਰ ਰੂਪ ਦੇਣ ਲਈ ਯਤਨ ਕਰਨੇ ਚਾਹੀਦੇ ਹਨ।
ਸ਼੍ਰੀ ਸੱਭਰਵਾਲ ਨੇ ਕਿਹਾ ਕਿ ਅਜਿਹੇ ਪਵਿੱਤਰ ਦਿਹਾੜੇ ਸਾਨੂੰ ਧਰਮ, ਜਾਤ-ਪਾਤ, ਰੰਗ, ਨਸਲ ਆਦਿ ਸੌੜੀਆਂ ਵਲਗਣਾਂ ਤੋਂ ਉੱਪਰ ਉੱਠ ਕੇ ਆਪਸੀ ਭਾਈਚਾਰਕ ਸਾਂਝ ਅਤੇ ਪ੍ਰੇਮ ਨਾਲ ਮਨਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ/ਦਿਹਾੜੇ ਨਾ ਸਿਰਫ਼ ਸਾਡੀਆਂ ਸਮਾਜਿਕ ਤੰਦਾਂ ਨੂੰ ਮਜ਼ਬੂਤ ਕਰਦੇ ਹਨ ਸਗੋਂ ਨੌਜਵਾਨ ਪੀੜ੍ਹੀ ਨੂੰ ਵੀ ਸੇਧ ਦੇਣ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ।
ਇਸ ਮੌਕੇ ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਅਜੋਕੇ ਸਮੇਂ ਵਿੱਚ ਵੀ ਸਾਰਥਕ ਹਨ, ਜੋ ਕਿ ਕੁੱਲ ਲੋਕਾਈ ਅਤੇ ਕੁੱਲ ਸੰਸਾਰ ਨੂੰ ਸੇਧ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਾਨੂੰ ਆਪਸੀ ਭਾਈਚਾਰਾ ਅਤੇ ਸਦਭਾਵਨਾ ਕਾਇਮ ਰੱਖਣਾ ਸਿਖਾਉਂਦੀਆਂ ਹਨ। ਉਨ੍ਹਾਂ ਨੌਜਵਾਨ ਵਰਗ ਨੂੰ ਭਗਵਾਨ ਵਾਲਮੀਕਿ ਜੀ ਦੇ ਸਿਧਾਂਤਾ ਨੂੰ ਜੀਵਨ ਵਿੱਚ ਅਪਨਾਉਣ ਲਈ ਕਿਹਾ ਤਾਂ ਜੋ ਸਮਾਜ ਵਿੱਚ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਡਵੀਜ਼ਨਲ ਕਮਿਸ਼ਨਰ ਅਤੇ ਚੇਅਰਮੈਨ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਅਲੀ ਮੁਹੱਲਾ, ਕੋਟ ਮੁਹੱਲਾ, ਮਾਈ ਹੀਰਾਂ ਗੇਟ, ਅਬਾਦਪੁਰਾ ਵਿਖੇ ਮੰਦਿਰਾਂ ਸਮੇਤ ਵੱਖ-ਵੱਖ ਥਾਵਾਂ ְ’ਤੇ ਕਰਵਾਏ ਗਏ ਸਮਾਗਮਾਂ ਵਿੱਚ ਦੇਰ ਰਾਤ ਤੱਕ ਹਾਜ਼ਰੀ ਲਵਾਈ ਗਈ, ਜਿਥੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ।