- ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ 9, 10, 23 ਤੇ 24 ਨਵੰਬਰ ਨੂੰ ਬੀ.ਐਲ.ਓਜ. ਪ੍ਰਾਪਤ ਕਰਨਗੇ ਦਾਅਵੇ ਤੇ ਇਤਰਾਜ਼, ਲੋਕਾਂ ਨੂੰ ਕੈਂਪਾਂ ਦਾ ਲਾਭ ਲੈਣ ਦੀ ਅਪੀਲ
ਜਲੰਧਰ:(ਸਿਟੀ ਤੇਜ਼ ਖ਼ਬਰ ਬਿਊਰੋ) ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 1-1-2025 ਦੇ ਆਧਾਰ ‘ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਜਾਰੀ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਸ਼ਨੀਵਾਰ ਤੇ ਐਤਵਾਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿਥੇ ਬੀ.ਐਲ.ਓਜ਼ ਵੱਲੋਂ ਮੌਜੂਦ ਰਹਿ ਕੇ ਲੋਕਾਂ ਪਾਸੋਂ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 9 ਨਵੰਬਰ ਦਿਨ ਸ਼ਨੀਵਾਰ, 10 ਨਵੰਬਰ ਦਿਨ ਐਤਵਾਰ ਅਤੇ 23 ਨਵੰਬਰ ਸ਼ਨੀਵਾਰ ਅਤੇ 24 ਨਵੰਬਰ 2024 ਦਿਨ ਐਤਵਾਰ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰਾਂ ਵਲੋਂ ਦਾਅਵੇ ਅਤੇ ਇਤਰਾਜ਼ਾਂ ਦੇ ਫਾਰਮ ਪ੍ਰਾਪਤ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 29 ਅਕਤੂਬਰ 2024 ਨੂੰ ਕੀਤੀ ਜਾ ਚੁੱਕੀ ਹੈ ਅਤੇ 28 ਨਵੰਬਰ 2024 ਤੱਕ ਵੋਟਰ ਸੂਚੀ ਵਿੱਚ ਦਰਜ ਇੰਦਰਾਜਾਂ ਪ੍ਰਤੀ ਦਾਅਵੇ ਅਤੇ ਇਤਰਾਜ਼ਾਂ ਦੇ ਫਾਰਮ ਸਮੂਹ ਬੂਥ ਲੈਵਲ ਅਫ਼ਸਰਾਂ ਅਤੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ ਵਿਖੇ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਲਈ ਫਾਰਮ ਨੰਬਰ 6, ਵੋਟਰ ਸੂਚੀ ਵਿੱਚ ਨਾਮ ਤੇ ਇਤਰਾਜ਼ ਜਾਂ ਪਹਿਲਾਂ ਤੋਂ ਦਰਜ ਇੰਦਰਾਜ ਦੀ ਕਟੌਤੀ ਲਈ ਫਾਰਮ 7, ਵੋਂਟਰ ਸੂਚੀ ਵਿੱਚ ਦਰਜ ਇੰਦਰਾਜਾਂ ਦੀ ਦਰੁੱਸਤੀ ਅਤੇ ਇੰਦਰਾਜਾਂ ਦੀ ਅਦਲਾ-ਬਦਲੀ, ਪੀ.ਡਬਲਯੂ.ਡੀ. ਮਾਰਕਿੰਗ ਲਈ, ਡੁਪਲੀਕੇਟ ਵੋਟਰ ਕਾਰਡ ਲੈਣ ਲਈ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਫਾਰਮ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਵੋਟਰ ਸਰਵਿਸਜ਼ ਪੋਰਟਲ https://voters.eci.gov.in/ ਤੋਂ ਆਨਲਾਈਨ ਵੀ ਭਰੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਵਲੋਂ ਇਕ ਮੋਬਾਈਲ ਐਪਲੀਕੇਸ਼ਨ ਵੀ ਜਾਰੀ ਕੀਤੀ ਗਈ ਹੈ ਜਿਸ ਰਾਹੀਂ ਬਿਨੈਕਾਰ ਆਪਣੇ ਮੋਬਾਇਲ ਵਿੱਚ ਐਪ ਇੰਸਟਾਲ ਕਰਨ ਉਪਰੰਤ ਮੋਬਾਇਲ ਤੋਂ ਵੀ ਆਪਣਾ ਫਾਰਮ ਭਰ ਸਕਣਗੇ ਜੋ ਕਿ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਦੇ ਡੈਟਾ ਐਂਟਰੀ ਸਾਫਟਵੇਅਰ ਨਾਲ ਲਿੰਕ ਹੋਵੇਗਾ।
ਉਨ੍ਹਾਂ ਜ਼ਿਲ੍ਹੇ ਦੇ ਸਮੂਹ ਬੂਥ ਲੈਵਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲਗਾਏ ਜਾ ਰਹੇ ਸਪੈਸ਼ਲ ਕੈਂਪਾਂ ਦੌਰਾਨ ਵੋਟਰਾਂ ਨੂੰ ਵੋਟ ਬਣਵਾਉਣ, ਵੋਟ ਕਟਵਾਉਣ ਅਤੇ ਵੋਟਰ ਸੂਚੀ ਵਿੱਚ ਕੋਈ ਤਬਦੀਲੀ ਕਰਵਾਉਣ ਵਿੱਚ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਲਗਾਏ ਜਾ ਰਹੇ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।
ADVERTISEMENT